ਚੰਡੀਗੜ 11 ਮਈ ( ਜੈ ਸਿੰਘ ਛਿੱਬਰ) : 'ਆਪ' ਦੀ ਛੱਤਰੀ ਤੋਂ ਉਡੀ “ਘੁੱਗੀ” ਕਾਂਗਰਸ ਦੇ “ਹੱਥ” ਆ ਸਕਦੀ ਹੈ। ਭਾਵੇਂ ਕਿ ਅਜੇ ਤੱਕ ਆਪ ਤੋਂ ਅਸਤੀਫਾ ਦੇਣ ਵਾਲੇ ਗੁਰਪ੍ਰੀਤ ਘੁੱਗੀ ਨੇ ਆਪਣੇ ਪੱਤੇ ਨਹੀਂ ਖੋਲ•ੇ ਪਰੰਤੂ ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਗੁਰਪ੍ਰੀਤ ਘੁੱਗੀ ਆਉਣ ਵਾਲੇ ਦਿਨਾਂ 'ਚ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ। ਚਰਚਾ ਚੱਲ ਰਹੀ ਹੈ ਕਿ ਘੁੱਗੀ ਦੀ ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਚੰਗੇ ਰਿਸ਼ਤੇ ਹਨ। ਪਤਾ ਲੱਗਿਆ ਹੈ ਕਿ ਭਾਜਪਾ ਲੀਡਰਸ਼ਿਪ ਦੀ ਵੀ ਘੁੱਗੀ 'ਤੇ ਅੱਖ ਹੈ, ਪਰ ਸਿਆਸੀ ਹਾਲਾਤਾਂ ਨੂੰ ਦੇਖਦੇ ਹੋਏ ਗੁਰਪ੍ਰੀਤ ਘੁੱਗੀ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਵਰਨਣਯੋਗ ਹੈ ਕਿ ਆਪ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੂੰ ਭ੍ਰਿਸ਼ਟਾਚਾਰ ਦਾ ਦੋਸ਼ ਲਾਕੇ ਪਾਰਟੀ ਵਿੱਚੋਂ ਕੱਢਣ ਤੋਂ ਬਾਅਦ ਆਪ ਨੇ ਗੁਰਪ੍ਰੀਤ ਘੁੱਗੀ ਦੇ ਹੱਥ ਪਾਰਟੀ ਦੀ ਵਾਗਡੋਰ ਸੌਂਪੀ ਸੀ। ਆਪ ਨੇ ਉਸਨੂੰ ਬਟਾਲਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਵੀ ਬਣਾਇਆ ਸੀ ਤੇ 34 ਹਜ਼ਾਰ ਦੇ ਕਰੀਬ ਵੋਟਾਂ ਮਿਲੀਆਂ ਸਨ।
ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਹਲਕਾ ਬਟਾਲਾ, ਗੁਰਦਾਸਪੁਰ ਲੋਕ ਸਭਾ ਹਲਕੇ ਅਧੀਨ ਆਉਂਦਾ ਹੈ। ਫਿਲਮੀ ਅਭਿਨੇਤਾ ਤੇ ਸਾਂਸਦ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ। ਇਸ ਲਈ ਕਾਂਗਰਸ ਤੇ ਭਾਜਪਾ ਦੋਵੇਂ ਪਾਰਟੀਆਂ ਦੀ ਅੱਖ ਹੁਣ ਗੁਰਦਾਸਪੁਰ ਲੋਕ ਸਭਾ ਸੀਟ 'ਤੇ ਟਿਕੀ ਹੋਈ ਹੈ। ਕਾਂਗਰਸ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਇਸ ਲਈ ਵੀ ਵਕਾਰ ਦਾ ਸਵਾਲ ਬਣ ਗਈ ਹੈ ਕਿਉਂਕਿ ਤਾਜ਼ਾ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਾਂਗਰਸ ਨੂੰ 77 ਸੀਟਾਂ 'ਤੇ ਜਿੱਤ ਪ੍ਰਾਪਤਹੋਈ ਹੈ ਅਤੇ ਕਾਂਗਰਸ ਇੱਸ ਜਿੱਤ ਦੇ ਝੰਡੇ ਨੂੰ ਹਰ ਹਾਲਤ ਵਿੱਚ ਲਹਿਰਾਉਂਦਾ ਦੇਖਣਾ ਚਾਹੁੰਦੀ ਹੈ ਤਾਂ ਜੋ 2019 'ਚ ਹੋਣ ਵਾਲੀਆਂ ਚੋਣਾਂ ਵਿੱਚ ਇਸਦਾ ਕੋਈ ਬੁਰਾ ਪ੍ਰਭਾਵ ਨਾ ਪਏ। ਜਦਕਿ ਭਾਜਪਾ ਫਿਰਤੋਂ ਇਹ ਸੀਟ ਆਪਣੇ ਨਾਮ ਕਰਵਾਉਣਾ ਚਾਹੁੰਦੀ ਹੈ ਕਿਉਂਕਿ ਦੇਸ਼ 'ਚ ਮੋਦੀ ਲਹਿਰ ਚੱਲ ਰਹੀ ਹੈ। ਦੂਜਾ ਰਾਸ਼ਟਰਪਤੀ ਦਾ ਕਾਰਜਕਾਲ ਵੀ ਪੂਰਾ ਹੋਣ ਵਾਲਾ ਹੈ ਤੇ ਰਾਸ਼ਟਰਪਤੀ ਦੀ ਚੋਣ ਹੋਣ ਕਾਰਨ ਭਾਜਪਾ ਲਈ ਇੱਕ ਇੱਕ ਵੋਟ ਅਹਿਮ ਹੈ।
No comments:
Post a Comment