Wednesday, 15 November 2017

ਖੁਦਕਸ਼ੀ ਕਰਨ ਵਾਲੇ 92 ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗੀ ਰਾਹਤ


---ਰਾਜ ਪੱਧਰੀ ਕਮੇਟੀ ਨੇ 2013-14 ਤੋਂ ਲੰਬਿਤ 92 ਕੇਸਾਂ ਦਾ ਕੀਤਾ ਨਿਪਟਾਰਾ 
--260 ਲੱਖ ਰੁਪਏ ਦੀ ਦਿੱਤੀ ਵਿਤੀ ਸਹਾਇਤਾ 

ਚੰਡੀਗੜ੍ : ਆਤਮ ਹੱਤਿਆ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। 
ਰਾਜ ਪੱਧਰੀ ਕਮੇਟੀ ਨੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ/ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਸਾਲ 2013-14 ਤੋਂ ਲੰਬਿਤ ਪਏ 92 ਕੇਸਾਂ ਦਾ ਨਿਪਟਾਰਾ ਕੀਤਾ।
ਵਿੱਤੀ ਕਮਿਸ਼ਨਰ ਮਾਲ ਤੇ ਚੇਅਰਪਰਸਨ ਰਾਜ ਪੱਧਰੀ ਕਮੇਟੀ ਵਿੰਨੀ ਮਹਾਜਨ ਨੇ ਦੱਸਿਆ ਕਿ ਅੱਜ ਮੀਟਿੰਗ ਦੌਰਾਨ ਮਾਨਸਾ ਜ਼ਿਲ੍ਹੇ ਦੇ 19, ਫਾਜ਼ਿਲਕਾ ਅਤੇ ਫਤਿਹਗੜ੍ਹ ਸਾਹਿਬ ਤੋਂ 3-3, ਬਰਨਾਲਾ ਦੇ 6, ਸੰਗਰੂਰ ਦੇ 49, ਲੁਧਿਆਣਾ ਦੇ 9 ਅਤੇ ਹੁਸ਼ਿਆਰਪੁਰ, ਬਠਿੰਡਾ ਅਤੇ ਰੂਪਨਗਰ ਦੇ 1-1 ਕੇਸ ਸਮੇਤ ਕੁਲ 92 ਕੇਸਾਂ ਵਿੱਚ 260 ਲੱਖ ਰੁਪਏ ਦੀ ਰਾਹਤ ਦਿੱਤੀ ਗਈ।
ਜ਼ਿਕਰ ਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਉਪਰੰਤ 24-10-17 ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਸੀ ਕਿ ਸਬੰਧਿਤ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੀ ਅਦਾਇਗੀ ਨਿਯਮਿਤ ਰੂਪ ਵਿੱਚ ਹਰ ਮਹੀਨੇ ਦੀ 25 ਤਾਰੀਖ ਤੋਂ ਪਹਿਲਾਂ ਕੀਤੀ ਜਾਵੇ।
ਵਿੱਤੀ ਕਮਿਸ਼ਨਰ ਮਾਲ ਨੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ / ਖੇਤ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਲੀ ਸਹਾਇਤ ਦੇਣ ਸਬੰਧੀ ਗਠਿਤ ਰਾਜ ਪੱਧਰੀ ਕਮੇਟੀ ਜਿਸ ਵਿੱਚ ਵਿੱਤ ਕਮਿਸ਼ਨਰ ਵਿਕਾਸ, ਵਿੱਤ ਕਮਿਸ਼ਨਰ ਮਾਲ, ਪ੍ਰਮੁੱਖ ਸਕੱਤਰ ਪਾਵਰ ਅਤੇ ਡਿਸਆਸਟਰ ਮੈਨੇਜਮੈਂਟ ਸ਼ਾਮਲ ਹਨ ਦੇ ਫੈਸਲੇ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਰਾਜ ਪੱਧਰੀ ਕਮੇਟੀ ਵਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਜ਼ਿਲ੍ਹਾ ਪੱਧਰੀ ਕਮੇਟੀ ਵਿੱਚ ਆਏ ਕੇਸਾਂ ਵਿਚੋਂ ਜੇਕਰ ਕੋਈ ਕੇਸ ਲੰਬਿਤ ਪਿਆ ਹੋਵੇ ਤਾਂ ਉਸ ਦੀ ਸਥਿਤੀ ਤੋਂ ਰਾਜ ਪੱਧਰੀ ਕਮੇਟੀ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਕਿ ਰਾਜ ਪੱਧਰੀ ਕਮੇਟੀ ਵਲੋਂ ਲੋੜੀਂਦੀ ਮਦਦ ਰਾਹੀਂ ਮ੍ਰਿਤਿਕਾਂ ਦੇ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਰਾਹਤ ਦਿੱਤੀ ਜਾ ਸਕੇ।  ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਕਮੇਟੀ ਇਸ ਤੋਂ ਭਲੀ ਭਾਂਤ ਜਾਣੂ ਹੈ ਅਤੇ ਇਸ ਅਮਲ ਵਿੱਚ ਤੇਜ਼ੀ ਲਿਆਉਣ ਲਈ ਯਤਨਸ਼ੀਲ ਹੈ।

No comments:

Post a Comment