--21 ਫਰਵਰੀ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਦਾ ਅਹਿਦ ਲਿਆ
--ਖੇਤਰੀ ਭਾਸਾਵਾਂ ਦੇ ਮੁੱਦੇ 'ਤੇ ਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਉਣ ਦਾ ਫੈਸਲਾ
---ਰਾਜਪਾਲ ਨੇ ਵਫਦ ਨੂੰ ਦਿੱਤਾ ਦੋ ਮਹੀਨੇ 'ਚ ਮਸਲਾ ਹੱਲ ਕਰਨ ਦਾ ਭਰੋਸਾ
ਜੈ ਸਿੰਘ ਛਿੱਬਰ, ਚੰਡੀਗੜ੍ਹ :
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸਰਕਾਰੀ ਦਫ਼ਤਰਾਂ 'ਚ ਪੰਜਾਬੀ ਭਾਸ਼ਾ ਨੂੰ ਪਹਿਲੀ ਭਾਸ਼ਾ ਵਜੋਂ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਅੱਜ ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ 'ਤੇ ਵੱਡੀ ਗਿਣਤੀ ਵਿੱਚ ਪੰਜਾਬੀ ਹਿਤੈਸ਼ੀਆਂ, ਲੇਖਕਾਂ, ਪੱਤਰਕਾਰਾਂ, ਗੀਤਕਾਰਾਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵਿਸ਼ਾਲ ਧਰਨਾ ਦਿੱਤਾ।
ਮੁਜ਼ਾਹਰਾਕਾਰੀ ਪੰਜਾਬੀ ਪ੍ਰੇਮੀਆਂ ਨੇ ਕੇਂਦਰ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬੀ ਭਾਸ਼ਾ ਦੀ ਬਹਾਲੀ ਦੀ ਮੰਗ ਨੂੰ ਸਵੀਕਾਰ ਨਾ ਕੀਤਾ ਗਿਆ ਤਾਂ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸੀ ਤਰ੍ਹਾਂ ਖੇਤਰੀ ਭਾਸ਼ਾਵਾਂ ਦੇ ਮੁੱਦੇ 'ਤੇ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਇਕ ਰਾਸ਼ਟਰੀ ਪੱਧਰ ਦਾ ਸੰਮੇਲਨ ਕਰਵਾਉਣ ਦਾ ਫੈਸਲਾ ਵੀ ਕੀਤਾ ਗਿਆ।
ਦੂਜੇ ਪਾਸੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਪੰਜਾਬੀ ਹਿਤੈਸ਼ੀਆਂ ਦੇ ਪੰਜ ਮੈਂਬਰੀ ਵਫ਼ਦ ਨੂੰ ਦੋ ਮਹੀਨਿਆਂ ਦੇ ਅੰਦਰ ਅੰਦਰ ਪੂਰੇ ਮਾਮਲੇ ਨੂੰ ਘੋਖ ਕੇ ਗ੍ਰਹਿ ਮੰਤਰਾਲੇ ਦੇ ਨਾਲ ਸੰਪਰਕ ਬਣਾਕੇ ਅਗਲਾ ਕਦਮ ਪੁੱਟਣ ਦਾ ਭਰੋਸਾ ਦਿੱਤਾ ਹੈ।
ਸੈਕਟਰ 17 ਵਿਖੇ ਆਯੋਜਿਤ ਧਰਨਾ ਸ਼ੁਰੂ ਹੋਣ ਤੋਂ ਬਾਅਦ ਹੀ ਗਵਰਨਰ ਹਾਊਸ ਤੋਂ ਗੱਲ ਕਰਨ ਦਾ ਸੱਦਾ ਆਉਣਾ ਸ਼ੁਰੂ ਹੋ ਗਿਆ। ਚੰਡੀਗੜ੍ਹ ਪੰਜਾਬੀ ਮੰਚ ਨੇ ਫੈਸਲਾ ਲਿਆ ਕਿ ਜਦੋਂ ਤੱਕ ਚੰਡੀਗੜ੍ਹ 'ਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਨਹੀਂ ਮਿਲ ਜਾਂਦਾ ਤਦ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਡਾ.ਸਰਬਜੀਤ ਸਿੰਘ ਨੇ ਕਿਹਾ ਕਿ ਕੋਈ ਭਾਸ਼ਾ ਖੇਤਰੀ ਨਹੀਂ ਹੈ, ਬਲਕਿ 22 ਰਾਜਾਂ ਦੀਆਂ ਭਾਸ਼ਾਵਾਂ ਕੌਮੀ ਭਾਸ਼ਾ ਹੈ, ਜਦਕਿ ਹਿੰਦੀ ਲਿੰਕ ਭਾਸ਼ਾ ਹੈ। ਉਹਨਾਂ ਪੰਜਾਬੀਆਂ ਨੂੰ ਵਿਆਹ ਦੇ ਸੱਦਾ ਪੱਤਰ ਸਮੇਤ ਹਰ ਕੰਮ ਪੰਜਾਬੀ ਭਾਸ਼ਾ ਵਿੱਚ ਕੰਮ ਕਰਨ ਦਾ ਸੱਦਾ ਦਿੱਤਾ।
ਲੋਕ ਸਭਾ ਮੈਂਬਰ ਡਾ ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਦੇ 22 ਪਿੰਡਾਂ ਨੂੰ ਉਜਾੜਕੇ ਚੰਡੀਗੜ੍ਹ ਦੀ ਨੀਂਹ ਰੱਖੀ ਗਈ ਸੀ। ਉਹਨਾਂ ਮਾਂ ਬੋਲੀ ਦੇ ਹੱਕ 'ਚ ਵੱਡੀ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ। ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਦੁਖ ਦੀ ਗੱਲ ਹੈ ਕਿ 51 ਵਰ੍ਹਿਆਂ ਬਾਦ ਵੀ ਸਬੇ ਦੀ ਰਾਜਧਾਨੀ ਵਿਚ ਪੰਜਾਬੀ ਭਾਸ਼ਾ ਲਾਗੂ ਕਰਨ ਲਈ ਪੰਜਾਬੀ ਪ੍ਰੇਮੀਆਂ ਨੂੰ ਧਰਨਾ ਦੇਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰਾਂ, ਸਿਆਸਤਦਾਨ ਅਤੇ ਪ੍ਰਸ਼ਾਸਕਾ ਦੇ ਨਾਲ ਨਾਲ ਮਾਂ ਬੋਲੀ ਦੇ ਮੁਦਈ ਵੀ ਬਰਾਬਰ ਦੇ ਜੁੰਮੇਵਾਰ ਹਨ ਕਿਉਂਕਿ ਪੰਜਾਬੀਆਂ 'ਚ ਜਾਗਰੂਕਤਾ ਦੀ ਕਮੀ ਹੈ। ਉਹਨਾ ਕਿਹਾ ਕਿ ਪੰਜਾਬੀ ਪਹਿਲਾ ਪਾਕਿਸਤਾਨ,ਲਾਇਲਪੁਰ ਤੋਂ ਉਜੜਕੇ ਆਏ ਫਿਰ ਵਿਕਾਸ ਦੇ ਨਾਮ 'ਤੇ ਵਾਰ ਵਾਰ ਉਜੜਦੇ ਰਹੇ।
ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰਧਾਨ ਤੇ ਉਘੇ ਵਿਦਵਾਨ ਡਾ ਸੁਰਜੀਤ ਪਾਤਰ ਨੇ ਕਿਹਾ ਕਿ ਮਾਂ ਬੋਲੀ ਨੂੰ ਬਚਾਉਣ ਦਾ ਮਤਲਬ ਖੁਦ ਨੂੰ ਬਚਾਉਣਾ ਹੈ। ਉਹਨਾਂ ਚੰਡੀਗੜ੍ਹ ਪਿੰਡਾਂ ਦੇ ਲੋਕਾਂ ਨੂੰ ਚੰਡੀਗੜ੍ਹ ਦੇ ਵੱਖ ਵੱਖ ਚੌਕਾਂ 'ਤੇ ਦੇਸੀ ਬੂਟੇ,ਰੁਖ਼ ਲਗਾਕੇ ਪਿੰਡਾ ਦੇ ਨਾਮ ਰੱਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਮਾਂ ਬੋਲੀ ਦੀ ਤੌਹੀਨ ਕਰਨਾ ਅਪਣੇ ਪੁਰਖ਼ਿਆ ਦੀ ਤੌਹੀਨ ਕਰਨਾ ਹੈ।
ਇਸ ਮੌਕੇ 'ਤੇ ਪੇਂਡੂ ਸੰਘਰਸ਼ ਕਮੇਟੀ, ਗੁਰਦੁਆਰਾ ਪ੍ਰਬੰਧਕ ਸੰਗਠਨ, ਕੇਂਦਰੀ ਪੰਜਾਬੀ ਲੇਖਕ ਸਭਾ ਤੇ ਸਬੰਧਤ ਸਾਹਿਤਕ ਸਭਾਵਾਂ, ਯੂਥ ਸੰਗਠਨ, ਟਰੇਡ ਯੂਨੀਅਨਾਂ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਸੰਗਠਨਾਂ ਆਗੂਆਂ ਤੋਂ ਇਲਾਵਾ ਵਿਧਾਇਕ ਅਮਨ ਅਰੋੜਾ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ, ਰਿੰਪਲ ਮਿੱਢਾ, ਗੀਤਕਾਰ ਰਾਜ ਕਾਕੜਾ, ਸੁੱਖੀ ਬਰਾੜ ਨੇ ਪੰਜਾਬੀ ਮਾਂ ਬੋਲੀ ਦੀ ਬਹਾਲੀ ਲਈ ਤੱਕ ਸ਼ੰਘਰਸ਼ ਜਾਰੀ ਰੱਖਣ ਦੀ ਗੱਲ ਆਖੀ। ਇਸੀ ਤਰ੍ਹਾਂ ਬਾਬਾ ਸਾਧੂ ਸਿੰਘ ਸਾਰੰਗਪੁਰ, ਡਾ. ਸੁਖਦੇਵ ਸਿੰਘ ਸਿਰਸਾ, ਸਿਰੀਰਾਮ ਅਰਸ਼, ਦੇਵੀ ਦਿਆਲ ਸ਼ਰਮਾ, ਗੁਰਪ੍ਰੀਤ ਸਿੰਘ ਸੋਮਲ, ਤ੍ਰਿਲੋਚਨ ਸਿੰਘ, ਸੁਖਜੀਤ ਸਿੰਘ ਸੁੱਖਾ, ਗੁਰਪ੍ਰੀਤ ਹੈਪੀ, ਹਰਦੀਪ ਸਿੰਘ, ਅਜਾਇਬ ਸਿੰਘ, ਤਾਰਾ ਸਿੰਘ ਅਤੇ ਦੀਪਕ ਸ਼ਰਮਾ ਚਨਾਰਥਲ ਨੇ ਆਖਿਆ ਕਿ ਜਾਂ ਤਾਂ ਸਰਕਾਰਾਂ ਨੂੰ ਅੰਗਰੇਜ਼ੀ ਸਵਦੇਸ਼ੀ ਭਾਸ਼ਾ ਲਗਦੀ ਹੈ ਜਾਂ ਉਹ ਚੰਡੀਗੜ੍ਹ ਨੂੰ ਹੀ ਭਾਰਤ ਦਾ ਹਿੱਸਾ ਨਹੀਂ ਮੰਨਦੇ। ਬੁਲਾਰਿਆਂ ਨੇ ਇਕੋ ਗੱਲ ਦੁਹਰਾਈ ਕਿ ਜਦੋਂ ਤੱਕ ਚੰਡੀਗੜ੍ਹ ਵਿਚ ਪੰਜਾਬੀ ਨੂੰ ਬਣਦਾ ਉਸਦਾ ਸਨਮਾਨ ਤੇ ਪਹਿਲੇ ਸਥਾਨ ਦਾ ਦਰਜਾ ਹਾਸਲ ਨਹੀਂ ਹੋ ਜਾਂਦਾ ਅਸੀਂ ਇਕਜੁੱਟਤਾ ਨਾਲ ਆਪਣਾ ਇਹ ਸੰਘਰਸ਼ ਜਾਰੀ ਰੱਖਾਂਗੇ। ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਮੌਜੂਦ ਬੀਬੀਆਂ ਅਤੇ ਬੁਜ਼ਰਗਾਂ ਦੀਆਂ ਅੱਖਾਂ ਉਸ ਵੇਲੇ ਸਿੱਲ੍ਹੀਆਂ ਹੋ ਗਈਆਂ ਜਦੋਂ ਬਾਬਾ ਗੁਰਦਿਆਲ ਸਿੰਘ ਦੀ 12 ਕੁ ਵਰ੍ਹਿਆਂ ਦੀ ਪੋਤੀ ਜਸ਼ਨਪ੍ਰੀਤ ਕੌਰ ਨੇ ਆਪਣੇ ਮਨ ਦੀ ਪੀੜ ਸਾਂਝੀ ਕੀਤੀ।
--------
No comments:
Post a Comment