Tuesday, 26 June 2018

ਭਾਜਪਾ ਨਾਲ ਸਬੰਧਿਤ ਸਿੱਖ ਸੰਗਤ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ


--ਜੋਧਪੁਰ ਜੇਲ੍ਹ 'ਚ ਬੰਦ ਰਹੇ ਕੈਦੀਆਂ ਨੂੰ ਮੁਆਵਜ਼ਾਂ ਦੇਣ ਦਾ ਮਾਮਲਾ ---- --
--
--ਮੁਆਵਜ਼ਾ ਰਾਸ਼ੀ ਦੇਣ ਤੇ ਹਾਈਕੋਰਟ ਵਿਚੋਂ ਅਪੀਲ ਵਾਪਸ ਲੈਣ ਦੀ ਮੰਗ

ਜੈ ਸਿੰਘ ਛਿੱਬਰ, 
ਚੰਡੀਗੜ੍ਹ : ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਕੈਦ ਰੱਖੇ ਗਏ ਸਿੱਖ ਕੈਦੀਆਂ ਨੂੰ ਮੁਆਵਜ਼ਾ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਭਖ਼ ਚੁੱਕਾ ਹੈ ਅਤੇ ਭਵਿੱਖ ਵਿਚ ਹੋਣ ਵਾਲੀਆਂ ਚੋਣਾਂ 'ਚ ਸਿਆਸੀ ਲਾਹਾ ਲੈਣ ਲਈ ਸਿਆਸੀ ਪਾਰਟੀਆਂ ਵਲੋਂ ਨੰਬਰ ਬਣਾਉਣ ਦੀ ਦੌੜ ਸ਼ੁਰੂ ਕਰ ਦਿੱਤੀ ਗਈ ਹੈ। 
ਮੰਗਲਵਾਰ ਨੂੰ ਭਾਜਪਾ ਨਾਲ ਸਬੰਧਿਤ ਸਿੱਖ ਸੰਗਤ ਦੇ ਪ੍ਰਧਾਨ ਗੁਰਚਰਨ ਸਿੰਘ ਗਿੱਲ, ਕੌਮੀ ਸਕੱਤਰ ਆਰ.ਪੀ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਪੀੜਤ ਸਿੱਖ ਕੈਦੀਆਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। 
ਭਾਜਪਾ ਆਗੂ ਆਰ.ਪੀ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮੁਆਵਜ਼ਾ ਰਾਸ਼ੀ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਕੀਤੀ ਗਈ ਅਪੀਲ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਮਾਨਵਤਾ ਦੇ ਆਧਾਰ 'ਤੇ ਕੇਂਦਰ ਸਰਕਾਰ ਦੇ ਹਿੱਸੇ ਦੀ ਬਣਦੀ ਮੁਆਵਜ਼ਾ ਰਾਸ਼ੀ ਤੁਰੰਤ ਰੀਲੀਜ਼ ਕਰਨ ਦੀ ਮੰਗ ਕੀਤੀ ਹੈ। ਵਫ਼ਦ ਵਿਚ ਮਨਜੀਤ ਸਿੰਘ, ਅਮਰਜੀਤ ਸਿੰਘ, ਸਰਬਜੀਤ ਸਿੰਘ, ਅਵਿਨਾਸ਼ ਜੈਸਵਾਲ, ਡੀ.ਐਸ ਗੁਜਰਾਲ ਅਤੇ ਮਲਕੀਤ ਸਿੰਘ  ਪਦਮ ਆਦਿ ਸ਼ਾਮਲ ਸਨ। 
ਦੱਸਣਯੋਗ ਹੈ ਕਿ ਬੀਤੇ ਕੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਸਕੱਤਰ ਨਾਲ ਫੋਨ 'ਤੇ ਗੱਲਬਾਤ ਕਰਕੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਆਪਣੇ ਹਿੱਸੇ ਦੀ ਮੁਆਵਜ਼ਾ ਰਾਸ਼ੀ ਨਹੀਂ ਦਿੰਦੀ ਤਾਂ ਪੰਜਾਬ ਸਰਕਾਰ ਵਲੋਂ ਪੂਰੀ ਮੁਆਵਜ਼ਾ ਰਾਸ਼ੀ ਅਦਾ ਕੀਤੀ ਜਾਵੇਗੀ। ਇਸਤੋਂ ਪਹਿਲਾ 22 ਜੂਨ ਨੂੰ ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਕਮੇਟੀ ਦੇ ਆਗੂਆਂ ਜਸਬੀਰ ਸਿੰਘ ਘੁੰਮਣ, ਗੁਰਦਰਸ਼ਨ ਸਿੰਘ, ਰਾਜ ਸਿੰਘ, ਵਰਪਾਲ ਸਿੰਘ, ਵਸਣ ਸਿੰਘ ਚਾਹਲ ਤੇ ਤਰਸੇਮ ਸਿੰਘ ਨੇ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕਰਕੇ ਸਥਿਤੀ ਸਪਸ਼ਟ ਕਰਨ ਨੂੰ ਕਿਹਾ ਸੀ ਕਿ ਅਕਾਲੀ ਦਲ ਦੱਸੇ ਕਿ ਹੁਣ ਉਹ ਭਾਈਵਾਲ ਪਾਰਟੀ ਭਾਜਪਾ ਨਾਲ ਹੈ ਜਾਂ ਫਿਰ ਸਾਕਾ ਨੀਲਾ ਤਾਰਾ ਤੋਂ ਬਾਅਦ ਸਿੱਖ ਮੰਗਾਂ ਲਈ ਸੰਘਰਸ਼ ਕਰਨ ਵਾਲੇ ਸਿੱਖਾਂ ਨਾਲ। ਵਫ਼ਦ ਨੇ ਇਸ ਮੁੱਦੇ 'ਤੇ ਅਕਾਲੀ ਦਲ ਲਈ ਧਰਮ ਸੰਕਟ ਖੜਾ ਕਰ ਦਿੱਤਾ ਹੈ। ਹਾਲਾਂਕਿ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾਂ ਨੇ ਵਫ਼ਦ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਇਸ ਮੁੱਦੇ 'ਤੇ ਗੱਲਬਾਤ ਕਰਨ ਦਾ ਭਰੋਸਾ ਦਿੱਤਾ ਸੀ। 
ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਕੇਂਦਰ ਸਰਕਾਰ ਆਪਣੇ ਹਿੱਸੇ ਦੀ ਮੁਆਵਜ਼ਾ ਰਾਸ਼ੀ ਜਾਰੀ ਕਰੇਗੀ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਕੀਤੀ ਗਈ ਅਪੀਲ ਨੂੰ ਵਾਪਸ ਕਰੇਗੀ ਜਾਂ ਨਹੀਂ। ਜੇਕਰ ਕੇਂਦਰ ਸਰਕਾਰ ਵਲੋਂ ਅਪੀਲ ਵਾਪਸ ਨਹੀਂ ਲਈ ਗਈ ਤਾਂ ਭਾਜਪਾ ਨੂੰ ਸਿੱਖਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

No comments:

Post a Comment