Monday, 3 September 2018

ਜਥੇਦਾਰ ਨੂੰ ਖੁਦ ਅਸਤੀਫਾ ਦੇ ਦੇਣਾ ਚਾਹੀਦਾ ਸੀ : ਢੀਂਡਸਾ


ਜੈ ਸਿੰਘ ਛਿੱਬਰ
ਚੰਡੀਗੜ੍ਹ : ਬਹਿਬਲ ਕਲਾਂ ,ਕੋਟਕਪੂਰਾ ਗੋਲੀ ਕਾਂਡ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਤੋਂ ਬਾਅਦ ਅਕਾਲੀ ਦਲ ਅਤੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਚੌਤਰਫ਼ਾ ਵਿਰੋਧ ਤੋ ਬਾਅਦ ਰਾਜ ਸਭਾ ਮੈਂਬਰ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪਹਿਲਾਂ ਹੀ ਖੁਦ ਅਸਤੀਫਾ ਦੇ ਦੇਣਾ ਚਾਹੀਦਾ ਸੀ ਜਾਂ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਥੇਦਾਰ ਸਾਹਿਬਾਨ ਦਾ ਅਸਤੀਫਾ ਲੈ ਲੈਣਾ ਚਾਹੀਦਾ ਸੀ।
ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਜਿਸ ਢੰਗ ਨਾਲ ਜਥੇਦਾਰ ਦਾ ਵਿਰੋਧ ਹੋ ਰਿਹਾ ਹੈ ਅਜਿਹਾ ਵਿਰੋਧ ਹੋਣਾ ਨਹੀਂ ਚਾਹੀਦਾ ਸੀ। ਪੰਜਾਬ ਦੇ ਤਾਜ਼ਾ ਸਿਆਸੀ  ਘਟਨਾਕ੍ਰਮ ਨੂੰ ਲੈ ਕੇ ਅਕਾਲੀ ਦਲ ਵਲੋਂ ਸੱਤ ਮੈਂਬਰੀ ਕਮੇਟੀ ਦੇ ਚੇਅਰਮੈਨ ਬਣਾਏ ਜਾਣ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕੁਝ ਪਤਾ ਨਹੀਂ ਹੈ ਅਤੇ ਨਾ ਹੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਫੋਨ ਤੇ ਸੂਚਿਤ ਕੀਤਾ ਗਿਆ ਹੈ ਬਲਕਿ ਅਖ਼ਬਾਰਾਂ ਵਿੱਚ ਖ਼ਬਰ ਪੜ੍ਹਨ ਤੋਂ ਹੀ ਪਤਾ ਚੱਲਿਆ ਹੈ। 
ਅਤੀਤ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਗੋਵਾਲ ਵੱਲੋਂ ਡੇਰਾ ਸਿਰਸਾ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਢੀਂਡਸਾ ਨੇ ਕਿਹਾ ਕਿ ਲੌਂਗੋਵਾਲ ਡੇਰਾ ਸਿਰਸਾ ਮੱਥਾ ਟੇਕਣ ਨਹੀਂ ਵੋਟਾਂ ਮੰਗਣ ਗਏ ਸਨ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸ਼ਾਹਿਬ ਵੱਲੋਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਲਗਾਈ ਸੇਵਾ ਭੁਗਤਣ ਤੋਂ ਬਾਅਦ ਹੀ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਹਨ । 
ਢੀਂਡਸਾ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਵੀ ਅਕਾਲੀ ਦਲ ਅਤੇ ਅਕਾਲ ਤਖ਼ਤ ਸਾਹਬ ਵਲੋਂ ਲਏ ਗਏ ਫੈਸਲੇ ਤੇ ਕਿੰਤੂ ਕਰ ਚੁੱਕੇ ਹਨ । 
ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਅਜਿਹੇ ਹਾਲਾਤਾਂ ਵਿੱਚ ਬਿਆਨ ਦੇਣ ਤੋਂ ਸਪਸ਼ਟ ਹੋ ਗਿਆ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿੱਚ ਵੀ ਮੱਤਭੇਦ ਹਨ । ਪਾਰਟੀ ਦੇ ਸੀਨੀਅਰ ਆਗੂਆਂ ਦੇ ਅਜਿਹੇ ਬਿਆਨ ਤੋ ਸਪੱਸ਼ਟ ਹੁੰਦਾ ਹੈ ਕਿ ਸਿੱਖ ਜਗਤ ਵਿੱਚ ਅਕਾਲੀ ਦਲ ਅਤੇ ਜਥੇਦਾਰ ਅਕਾਲ ਤਖਤ ਸਾਹਿਬ ਦੇ ਖਿਲਾਫ ਪਨਪੇ ਰੋਹ ਨੂੰ ਸ਼ਾਂਤ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਸਾਹਿਬ ਦੇ ਖਿਲਾਫ਼ ਵੱਡਾ ਫੈਸਲਾ ਲਿਆ ਜਾ ਸਕਦਾ ਹੈ ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਮਾਫ਼ੀ ਨਾਮਾ ਦੇ ਦਿੱਤਾ ਗਿਆ ਸੀ ਪਰ ਸਿੱਖ ਜਗਤ ਦੇ ਜ਼ਬਰਦਸਤ ਵਿਰੋਧ ਕਾਰਨ ਜਥੇਦਾਰ ਸਾਹਿਬਾਨ ਵੱਲੋਂ ਮਾਫੀਨਾਮਾ ਵਾਪਸ ਲੈ ਲਿਆ ਗਿਆ ਸੀ ਇੱਕ ਵਾਰ ਹਾਲਾਤ ਅਜਿਹੇ ਬਣ ਗਏ ਸਨ ਕੇ ਪਿੰਡਾਂ ਵਿੱਚ ਅਕਾਲੀ ਆਗੂਆਂ  ਦਾ ਜਾਣਾ ਬੰਦ ਹੋ ਗਿਆ ਸੀ, ਉਹੀ ਹਾਲਾਤ ਹੁਣ ਬਣੇ ਹੋਏ ਹਨ।

No comments:

Post a Comment