--ਆਮ ਆਦਮੀ ਆਰਮੀ ਦੀ ਭਰਤੀ ਮੁਹਿੰਮ ਸ਼ੁਰੂ ਕਰੇਗੀ ਆਪ
ਜੈ ਸਿੰਘ ਛਿੱਬਰ, ਚੰਡੀਗੜ੍ਹ
ਹਾਲੀਆ ਲੋਕ ਸਭਾ ਚੋਣਾਂ ਵਿਚ ਆਪ ਦੇ ਉਮੀਦਵਾਰ ਭਗਵੰਤ ਮਾਨ ਨੂੰ ਛੱਡਕੇ ਬਾਕੀ ਉਮੀਦਵਾਰਾਂ ਦੀਆਂ ਜਮਾਨਤਾਂ ਜ਼ਬਤ ਹੋਣ ਅਤੇ ਵੋਟ ਪ੍ਰਤੀਸ਼ਤ ਘੱਟ ਜਾਣ ਤੋਂ ਬਾਅਦ ਪਾਰਟੀ ਵਲੋਂ “ਟ੍ਰਿਪਲ ਏ” ਫਾਰਮੂਲਾ ਤਹਿਤ ਪਾਰਟੀ ਨੂੰ ਮਜਬੂਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਅਤਿ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪਾਰਟੀ ਦੇ ਪ੍ਰਧਾਨ ਅਤੇ ਦੇਸ਼ ਵਿਚੋਂ ਪਾਰਟੀ ਦੇ ਇਕ ਮਾਤਰ ਸਾਂਸਦ ਭਗਵੰਤ ਮਾਨ ਦਿੱਲੀ ਵਿਖੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਦਿੱਲੀ ਗਏ ਹੋਏ ਹਨ। ਇਸ ਕਰਕੇ ਪਾਰਟੀ ਵਲੋਂ ਆਉਂਦੇ ਦਿਨਾਂ ਵਿਚ ਕੋਰ ਕਮੇਟੀ ਦੀ ਮੀਟਿੰਗ ਕਰਕੇ ਜਿਥੇ ਹਾਰ ਦੇ ਕਾਰਨ ਲੱਭੇ ਜਾਣਗੇ, ਉਥੇ ਪਾਰਟੀ ਦੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਵਿਚ ਉਮੀਦਵਾਰਾਂ ਨੂੰ ਉਨ੍ਹਾਂ ਦੇ ਹਲਕੇ ਵਿਚ ਆਈਆਂ ਮੁਸ਼ਕਲਾਂ ਅਤੇ ਲੋਕਾਂ ਵਲੋਂ ਸਹਿਯੋਗ ਨਾ ਦੇਣ ਦੇ ਕਾਰਨ 'ਤੇ ਖੁੱਲ੍ਹ ਕੇ ਚਰਚਾ ਕੀਤੀ ਜਾਵੇਗੀ। ਦੱਸਿਆ ਜਾਂਦਾ ਹੈ ਕਿ ਜਿਹੜੇ ਅਹੁੱਦੇਦਾਰਾਂ, ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨਾਂ ਨੇ ਪਾਰਟੀ ਲਈ ਕੰਮ ਨਹੀਂ ਕੀਤਾ ਉਨ੍ਹਾਂ ਦੀ ਛੁੱਟੀ ਕੀਤੀ ਜਾ ਸਕਦੀ ਹੈ।
ਸੂਤਰ ਦੱਸਦੇ ਹਨ ਕਿ ਦੋ ਸਾਲਾਂ ਦੇ ਅੰਦਰ ਵੋਟ ਪ੍ਰਤੀਸ਼ਤ ਘੱਟ ਜਾਣ ਤੋਂ ਪਾਰਟੀ ਲੀਡਰਸ਼ਿਪ ਕਾਫੀ ਚਿੰਤਤ ਹੈ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਵੀਹ ਵਿਧਾਇਕਾਂ ਨੂੰ ਜਿੱਤ ਹਾਸਲ ਹੋਈ ਸੀ ਅਤੇ ਪਾਰਟੀ ਦਾ ਵੋਟ ਪ੍ਰਤੀਸ਼ਤ 23.7 ਫੀਸਦੀ ਸੀ, ਪਰ ਇਨ੍ਹਾਂ ਚੋਣਾਂ ਵਿਚ ਵੋਟ ਪ੍ਰਤੀਸ਼ਤ ਘੱਟਕੇ 7.38 ਫੀਸਦੀ ਰਹਿ ਗਿਆ ਹੈ। ਜਿਥੇ 2014 ਵਿਚ ਪਾਰਟੀ ਦੇ ਚਾਰ ਸਾਂਸਦ ਚੁਣੇ ਗਏ ਸਨ, ਉਥੇ ਇਨ੍ਹਾਂ ਚੋਣਾਂ ਵਿਚ ਪਾਰਟੀ ਦੇ ਪੱਲੇ ਇਕ ਸੀਟ ਪਈ ਹੈ। ਸੂਤਰ ਦੱਸਦੇ ਹਨ ਕਿ ਹੁਣ ਪਾਰਟੀ ਵਲੋਂ ਟ੍ਰਿਪਲ ਏ, ਯਾਨੀ ਆਮ ਆਦਮੀ ਆਰਮੀ ਫਾਰਮੂਲੇ 'ਤੇ ਕੰਮ ਕੀਤਾ ਜਾਵੇਗਾ। ਪਾਰਟੀ ਵਲੋਂ ਪਿੰਡ ਪੱਧਰ ਤੋਂ ਵਰਕਰਾਂ ਨੂੰ ਨਾਲ ਜੋੜਨ ਲਈ ਆਮ ਆਦਮੀ ਆਰਮੀ ਤਹਿਤ ਭਰਤੀ ਕੀਤੀ ਜਾਵੇਗੀ ਤੇ ਵੱਧ ਤੋਂ ਵੱਧ ਮੈਂਬਰਸ਼ਿਪ ਕਰਕੇ ਨਿਚਲੇ ਪੱਧਰ ਤੋਂ ਪਾਰਟੀ ਦੇ ਜਥੇਬੰਦਕ ਢਾਂਚਾ ਬਣਾਇਆ ਜਾਵੇਗਾ। ਇਸੀ ਤਰ੍ਹਾਂ ਪਾਰਟੀ ਨੇ ਆਉਣ ਵਾਲੇ ਦਿਨਾਂ ਵਿਚ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ ਵੱਡੇ ਪੱਧਰ 'ਤੇ ਸੰਘਰਸ਼ ਸ਼ੁਰੂ ਕਰਨ ਦੀ ਯੋਜਨਾਂ ਬਣਾਈ ਗਈ ਹੈ।
ਚੋਣਾਂ ਹਾਰ ਜਾਣ ਤੋਂ ਬਾਅਦ ਪਾਰਟੀ ਲੀਡਰਸ਼ਿਪ ਸਦਮੇ ਵਿਚੋਂ ਬਾਹਰ ਨਹੀਂ ਆ ਸਕੀ। ਅਜੇ ਤੱਕ ਕੋਰ ਕਮੇਟੀ ਦੀ ਮੀਟਿੰਗ ਤੱਕ ਨਹੀਂ ਕੀਤੀ ਜਾ ਸਕੀ। ਪਰ, ਪਾਰਟੀ ਦੇ ਬੁਲਾਰੇ ਨੇ ਭਗਵੰਤ ਮਾਨ ਵਲੋਂ ਸ਼ਹੀਦੇ ਏ ਆਜਮ ਭਗਤ ਸਿੰਘ ਦੇ ਪਿੰਡ ਖਟਕੜਕਲ੍ਹਾਂ ਵਿਖੇ ਸਰਧਾਂਜਲੀ ਦੇਣ ਵਾਲੇ ਦਿਨ 24 ਮਈ ਨੂੰ ਗੜਸ਼ੰਕਰ ਵਿਖੇ ਕੋਰ ਕਮੇਟੀ ਦੀ ਮੀਟਿੰਗ ਹੋਣ ਦਾ ਦਾਅਵਾ ਕੀਤਾ ਹੈ। ਪਰ, ਸੂਤਰ ਦੱਸਦੇ ਹਨ ਕਿ ਪਾਰਟੀ ਪ੍ਰਧਾਨ ਭਗਵੰਤ ਮਾਨ ਵਲੋਂ ਅਜੇ ਮੀਟਿੰਗ ਕਰਨ ਲਈ ਸਮਾਂ ਨਹੀਂ ਦਿੱਤਾ ਗਿਆ। ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਦਾ ਕਹਿਣਾ ਹੈ ਕਿ ਕੋਰ ਕਮੇਟੀ ਦੀ ਮੀਟਿੰਗ ਜ਼ਲਦ ਕੀਤੀ ਜਾਵੇਗੀ। ਪ੍ਰਿੰਸੀਪਲ ਦਾ ਕਹਿਣਾ ਹੈ ਕਿ ਪਾਰਟੀ ਪ੍ਰਧਾਨ ਦਾ ਕੋਰ ਕਮੇਟੀ ਵਿਚ ਹੋਣਾ ਜਰੂਰੀ ਹੈ। ਇਸ ਤਰ੍ਹਾਂ ਪਾਰਟੀ ਪ੍ਰਧਾਨ ਦੀ ਸਲਾਹ ਨਾਲ ਜਲਦ ਹੀ ਕੋਰ ਕਮੇਟੀ ਦੀ ਮੀਟਿੰਗ ਕੀਤੀ ਜਾਵੇਗੀ।
No comments:
Post a Comment