ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨ ਲਈ ਖਿੱਚੀ ਤਿਆਰੀ
ੋਜੈ ਸਿੰਘ ਛਿੱਬਰ,
ਚੰਡੀਗੜ੍ਹ
ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਦੇ ਬਿਆਨ ਅਤੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਅੱਤਵਾਦੀਆਂ ਨਾਲ ਸਬੰਧ ਹੋਣ ਦੇ ਖੁਲਾਸੇ ਨੇ ਸਿਆਸੀ ਵਿਰੋਧੀਆਂ ਨੂੰ ਮੁੱਦਾ ਦੇ ਦਿੱਤਾ ਹੈ। ਦੋ ਦਿਨ ਪਹਿਲਾਂ ਸਦਨ ਵਿਚ ਨਸ਼ੇ ਅਤੇ ਬੇਅਦਬੀ ਦੇ ਮੁੱਦੇ 'ਤੇ ਅਕਾਲੀ ਦਲ ਨੂੰ ਚਿੱਤ ਕਰਨ ਵਾਲੀ ਸੱਤਾ ਧਿਰ ਲਈ ਪੁਲਿਸ ਮੁਖੀ ਦੇ ਬਿਆਨ ਨੇ ਸਿਆਸੀ ਸੰਕਟ ਖੜ੍ਹਾ ਕਰ ਦਿੱਤਾ ਹੈ।
ਸੋਮਵਾਰ ਨੂੰ ਵਿਧਾਨ ਸਭਾ 'ਚ ਇਹ ਦੋਵੇਂ ਮੁੱਦੇ ਗੂੰਜਣ ਦੀ ਸੰਭਾਵਨਾਂ ਨੂੰ ਇਨਕਾਰ ਨਹੀਂ ਕੀਤਾ ਜਾ ਸਕਦਾ। ਸ੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਪਹਿਲਾਂ ਹੀ ਪੁਲਿਸ ਮੁਖੀ ਦਿਨਕਰ ਗੁਪਤਾ ਦੁਆਰਾ ਸ੍ਰੀ ਕਰਤਾਰਪੁਰ ਲਾਂਘੇ ਬਾਰੇ ਦਿੱਤੇ ਗਏ ਬਿਆਨ 'ਤੇ ਮਾਫ਼ੀ ਨਾ ਮੰਗਣ 'ਤੇ ਵਿਧਾਨ ਸਭਾ ਦੀ ਕਾਰਵਾਈ ਨਾ ਚੱਲਣ ਦੀ ਗੱਲ ਕਹੀ ਹੈ। ਹੁਣ ਮੁੱਅਤਲ ਡੀ.ਐਸ.ਪੀ ਬਲਵਿੰਦਰ ਸਿੰਘ ਸੇਖੋਂ ਵਲੋਂ ਭਾਰਤ ਭੂਸ਼ਣ ਆਸ਼ੂ ਦੇ ਅੱਤਵਾਦੀਆਂ ਨੂੰ ਪਨਾਹ ਦੇਣ ਦੇ ਲਗਾਏ ਗਏ ਦੋਸ਼ਾਂ ਨਾਲ ਵਿਰੋਧੀ ਧਿਰਾਂ ਨੂੰ ਇਕ ਹੋਰ ਮੁੱਦਾ ਮਿਲ ਗਿਆ ਹੈ।
ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ (ਸਾਬਕਾ ਮੰਤਰੀ) ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਪਹਿਲਾਂ ਹੀ ਬਿਆਨ ਦੇ ਚੁੱਕੇ ਹਨ ਕਿ ਜੇਕਰ ਪੁਲਿਸ ਮੁਖੀ ਦਿਨਕਰ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਲੈ ਕੇ ਦਿੱਤੇ ਬਿਆਨ 'ਤੇ ਮੁਆਫ਼ੀ ਨਹੀਂ ਮੰਗੀ ਤਾਂ ਉਹ ਸਦਨ ਨਹੀਂ ਚੱਲਣ ਦੇਣਗੇ। ਵਿਰੋਧੀ ਧਿਰ ਦੇ ਆਗੂਆਂ ਵਲੋਂ ਦਿੱਤੇ ਗਏ ਬਿਆਨ ਤੋਂ ਸਪਸ਼ਟ ਹੁੰਦਾ ਹੈ ਕਿ ਸੌਮਵਾਰ ਨੂੰ ਵਿਧਾਨ ਸਭਾ ਵਿਚ ਇਸ ਮੁੱਦੇ 'ਤੇ ਜ਼ਬਰਦਸਤ ਹੰਗਾਮਾਂ ਹੋ ਸਕਦਾ ਹੈ। ਵਿਧਾਨ ਸਭਾ ਦੇ ਤੈਅ ਪ੍ਰੋਗਰਾਮ ਮੁਤਾਬਕ ਸੌਮਵਾਰ ਨੂੰ ਪ੍ਰਸ਼ਨਕਾਲ, ਸਿਫ਼ਰ ਕਾਲ ਤੋਂ ਇਲਾਵਾ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਹੋਣੀ ਹੈ।
ਸੂਤਰ ਦੱਸਦੇ ਹਨ ਕਿ ਪੁਲਿਸ ਮੁਖੀ ਦੇ ਬਿਆਨ ਤੋਂ ਕਾਂਗਰਸ ਦੇ ਵਿਧਾਇਕ ਵੀ ਕਾਫ਼ੀ ਦੁਖੀ ਮਹਿਸੂਸ ਕਰ ਰਹੇ ਹਨ। ਕਾਂਗਰਸ ਦੇ ਕੁੱਝ ਵਿਧਾਇਕਾਂ ਨੇ ਨਾਮ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਪੁਲਿਸ ਮੁਖੀ ਦੇ ਬਿਆਨ ਨੇ ਬਿਨਾਂ ਵਜ੍ਹਾ ਅਕਾਲੀਆਂ ਨੂੰ ਮੁੱਦਾ ਦੇ ਦਿੱਤਾ ਜਦੋਂ ਕਿ ਅਕਾਲੀ ਦਲ ਪਹਿਲਾਂ ਹੀ ਹਾਸ਼ੀਏ ਪਰ ਚੱਲ ਰਿਹਾ ਹੈ। ਕਾਂਗਰਸੀ ਆਗੂ ਮੰਨਦੇ ਹੋਏ ਕਿ ਪੁਲਿਸ ਮੁਖੀ ਨੂੰ ਅਜਿਹਾ ਬਿਆਨ ਤੋਂ ਸੰਕੋਚ ਕਰਨਾ ਚਾਹੀਦਾ ਸੀ।
ਉਧਰ ਅੱਜ ਪੰਜਾਬ ਪੁਲਿਸ ਤੋਂ ਮੁਅੱਤਲ ਚੱਲ ਰਹੇ ਡੀ.ਐਸ.ਪੀ ਬਲਵਿੰਦਰ ਸਿੰਘ ਸੇਖੋਂ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਅੱਤਵਾਦੀਆਂ ਨੂੰ ਪਨਾਹ ਦੇਣ ਦੇ ਗੰਭੀਰ ਦੋਸ਼ ਲਾ ਦਿੱਤੇ ਹਨ। ਹਾਲਾਂਕਿ ਭਾਰਤ ਭੂਸ਼ਣ ਆਸ਼ੂ ਵਾਲਾ ਮਾਮਲਾ ਕਾਫ਼ੀ ਪੁਰਾਣਾ ਹੈ, ਪਰ ਵਿਰੋਧੀਆਂ ਨੂੰ ਸਰਕਾਰ ਅਤੇ ਭਾਰਤ ਭੂਸ਼ਣ ਆਸ਼ੂ ਨੁੰ ਘੇਰਨ ਲਈ ਮੁੱਦਾ ਮਿਲ ਗਿਆ ਹੈ। ਜਦੋਂ ਕਿ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਪਹਿਲਾਂ ਹੀ ਸੱਤਾ ਧਿਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ।
ਸਦਨ ਵਿਚ ਵਿਰੋਧੀ ਧਿਰ ਦੇ ਹਮਲੇ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀ ਰੁਖ਼ ਅਖਤਿਆਰ ਕੀਤਾ ਜਾਂਦਾ ਜਾਂ ਸਰਕਾਰ ਵਲੋਂ ਕੀ ਰਣਨੀਤੀ ਤਿਆਰ ਕੀਤੀ ਜਾਂਦੀ ਹੈ, ਇਹ ਤਾਂ ਭਵਿੱਖ ਦੇ ਗਰਭ ਵਿਚ ਹੈ, ਪਰ ਵਿਰੋਧੀਆਂ ਨੇ ਸਰਕਾਰ ਨੂੰ ਘੇਰਨ ਲਈ ਪੂਰੀ ਤਿਆਰੀ ਖਿੱਚੀ ਹੋਈ ਹੈ। ਸੂਤਰ ਦੱਸਦੇ ਹਨ ਕਿ ਵਿਰੋਧੀ ਧਿਰਾਂ ਵਲੋਂ ਸਦਨ ਵਿਚ ਜਬਰਦਸਤ ਹੰਗਾਮਾਂ ਕਰਨ ਦੀ ਤਿਆਰੀ ਖਿੱਚੀ ਹੋਈ ਹੈ।
ਵਨਰਣਯੋਗ ਹੈ ਕਿ ਡੀ.ਜੀ.ਪੀ ਨੇ ਬੀਤੇ ਕੱਲ੍ਹ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਗੁਰਦੁਆਰਾ ਡੇਰਾ ਸਾਹਿਬ ਵਿਖੇ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਬਾਰੇ ਵਿਵਾਦਿਤ ਬਿਆਨ ਦਿੱਤਾ ਸੀ ਕਿ ਛੇ ਘੰਟੇ ਵਿਚ ਤਾਂ ਅੱਤਵਾਦੀ ਤੇ ਬੰਬ ਬਣਾਉਣ ਦੀ ਟਰੇਨਿੰਗ ਲੈ ਕੇ ਵਾਪਸ ਆ ਜਾਂਦੇ ਹਨ। ਇਸ ਬਿਆਨ ਨੇ ਪੰਜਾਬ ਦੀ ਰਾਜਨੀਤੀ ਗਰਮਾ ਦਿੱਤੀ ਹੈ।