Wednesday, 21 February 2024
ਨੌਜਵਾਨ ਕਿਸਾਨ ਦੀ ਮੌਤ ਹੋਣ ਨਾਲ ਸੂਬੇ ’ਚ ਤਨਾਅ ਵੱਧਣ ਦੇ ਅਸਾਰ
ਨੌਜਵਾਨ ਕਿਸਾਨ ਦੀ ਮੌਤ ਹੋਣ ਨਾਲ ਸੂਬੇ ’ਚ ਤਨਾਅ ਵੱਧਣ ਦੇ ਅਸਾਰ
--ਸੰਯੁਕਤ ਕਿਸਾਨ ਮੋਰਚਾ ਦੀ ਚੰਡੀਗੜ੍ਹ ’ਚ ਮੀਟਿੰਗ ਅੱਜ
-- ਸਿਆਸੀ ਵਿਰੋਧੀਆਂ ਨੇ ਸਰਕਾਰ ਨੂੰ ਘੇਰਿਆ, ਹਰਿਆਣਾ ਪੁਲਿਸ ’ਤੇ ਕਤਲ ਦਾ ਕੇਸ ਦਰਜ਼ ਕਰਨ ਦੀ ਕੀਤੀ ਮੰਗ
ਜੈ ਸਿੰਘ ਛਿੱਬਰ
ਚੰਡੀਗੜ੍ਹ -ਖਨੌਰੀ ’ਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ (21) ਦੀ ਮੌਤ ਨਾਲ ਅਗਲੇ ਦੋ ਦਿਨਾਂ ਵਿਚ ਸੂਬੇ ਅੰਦਰ ਤਨਾਅ ਵਾਲੀ ਸਥਿਤੀ ਪੈਦਾ ਹੋਣ ਦੀ ਸ਼ੰਕਾਂ ਹੈ। ਕਿਸਾਨ ਆਗੂਆਂ ਨੇ ਸਪਸ਼ਟ ਕਿਹਾ ਕਿ ਆਗਾਮੀ ਦੋ ਦਿਨਾਂ ਤੱਕ ਉਹ ਸ਼ੰਭੂ ਅਤੇ ਖਨੌਰੀ ਹੱਦ ’ਤੇ ਟਿਕੇ ਰਹਿਣਗੇ। ਫਿਲਹਾਲ ਕਿਸਾਨ ਆਗੂਆਂ ਨੇ ਦਿੱਲੀ ਕੂਚ ਦੋ ਦਿਨਾਂ ਲਈ ਟਾਲ ਦਿੱਤਾ ਹੈ। ਇਹ ਵੀ ਪਤਾ ਲੱਗਿਆ ਹੈ ਕਿ ਕਿਸਾਨ ਜਥੇਬੰਦੀਆਂ ਨੇ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਕਰਵਾਉਣ ਅਤੇ ਸਸਕਾਰ ਕਰਨ ਲਈ ਕਾਹਲੀ ਨਾ ਕਰਨ ਦਾ ਫੈਸਲਾ ਲਿਆ ਹੈ। ਖੁਫੀਆਂ ਪੁਲਿਸ ਅਧਿਕਾਰੀਆਂ ਨੂੰ ਡਰ ਹੈ ਕਿ ਜੇਕਰ ਮ੍ਰਿਤਕ ਕਿਸਾਨ ਦਾ ਸਸਕਾਰ ਕਰਨ ਵਿਚ ਦੇਰੀ ਹੁੰਦੀ ਹੈ ਤਾਂ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਹੋਰ ਵਿਗੜ ਸਕਦੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਵੀ ਕੱਲ੍ਹ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਬੁਲਾਈ ਹੈ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸੂਬਾ ਸਰਕਾਰ ਨੂੰ ਇਸ ਮਸਲੇ ਨੂੰ ਜਲਦ ਨਿਬੇੜਨਾ ਚਾਹੀਦਾ ਹੈ। ਜੇਕਰ ਸਰਕਾਰ ਨੇ ਲਾਪਰਵਾਹੀ ਵਰਤੀ ਜਾਂ ਢਿਲਮਿੱਠ ਦਿਖਾਈ ਤਾਂ ਸਰਕਾਰ ਲਈ ਵੱਡੀ ਸਮੱਸਿਆ ਖੜ੍ਹੀ ਹੋ ਸਕਦੀ ਹੈ।
ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਨੇ ਨੌਜਵਾਨ ਕਿਸਾਨ ਦੀ ਮੌਤ ਹੋਣ ’ਤੇ ਦੁਖ ਦਾ ਪ੍ਰਗਟਾਵਾ ਕਰਦੇ ਹੋਏ ਹਰਿਆਣਾ ਪੁਲਿਸ ਤੇ ਹਰਿਆਣਾ ਦੇ ਗ੍ਰਹਿ ਮੰਤਰੀ ’ਤੇ ਕੇਸ ਦਰਜ਼ ਕਰਨ ਦੀ ਮੰਗ ਕੀਤੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪਸ਼ਟ ਕਿਹਾ ਕਿ ਸ਼ੁਭਕਰਨ ਸਿੰਘ ਦੀ ਮੌਤ ਗੋਲੀ ਲੱਗਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਵਿਚ ਕਿਸਾਨ ਜਥੇਬੰਦੀਆਂ ਮੌਤ ਬਾਰੇ ਪੂਰੀ ਜਾਣਕਾਰੀ ਹਾਸਲ ਕਰਨਗੀਆਂ।
ਉਧਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨੌਜਵਾਨ ਦੀ ਮੌਤ ਸਿਰ ਵਿਚ ਗੋਲੀ ਲੱਗਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਹਰਿਆਣਾ ਪੁਲਿਸ ਪੰਜਾਬ ’ਚ ਬੈਠੇ ਕਿਸਾਨਾਂ ’ਤੇ ਹੰਝੂ ਗੈਸ ਤੇ ਪਲਾਸਟਿਕ ਦੀਆਂ ਗੋਲੀਆਂ ਚਲਾ ਰਹੀ ਹਨ ਪਰ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਚੁੱਪ ਬੈਠੀ ਹੈ। ਬਾਜਵਾ ਨੇ ਮੰਗ ਕੀਤੀ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ’ਤੇ ਕਤਲ ਦਾ ਮਾਮਲਾ ਦਰਜ਼ ਕੀਤਾ ਜਾਵੇਗਾ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਘਟਨਾਂ ਦੀ ਨਿੰਦਾ ਕੀਤੀ ਹੈ।
ਇਸੀ ਤਰ੍ਹਾਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਾਲਾਤ ਲਗਾਤਾਰ ਵਿਗੜ ਰਹੇ ਹਨ ਜਦਕਿ ਪੰਜਾਬ ਪੁਲਿਸ ਲਗਾਤਾਰ ਘਟਨਾਵਾਂ ਨੂੰ ਲੈ ਕੇ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਗੋਲੀਆਂ ਜੰਮੂ ਕਸ਼ਮੀਰ ਵਿਚ ਚਲਾਉਣ ’ਤੇ ਪਾਬੰਦੀ ਲੱਗੀ ਹੈ, ਉਹ ਹੁਣ ਹਰਿਆਣਾ ਪੁਲਿਸ ਪੰਜਾਬ ਦੇ ਕਿਸਾਨਾਂ ’ਤੇ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਦੀ ਹਿਫਾਜ਼ਤ ਕਰਨੀ ਚਾਹੀਦੀ ਹੈ, ਪਰ ਉਹ ਕਿਸਾਨਾਂ ਨਾਲ ਖੜ੍ਹਨ ਦੀ ਬਜਾਏ ਕੇਂਦਰ ਤੇ ਹਰਿਆਣਾ ਸਰਕਾਰ ਨਾਲ ਖੜ੍ਹ ਰਹੇ ਹਨ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਜੋ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ, ਨੂੰ ਹਰਿਆਣਾ ਪੁਲਿਸ ’ਤੇ ਕੇਸ ਦਰਜ਼ ਕਰਨਾ ਚਾਹੀਦਾ ਹੈ। ਮਜੀਠੀਆ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦੇ ਵਿਦੇਸ਼ ਜਾਣ ਅਤੇ ਸੂਬਾ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਸੱਭਿਆਚਾਰਕ ਪ੍ਰੋਗਾਰਾਮ ਕਰਵਾਉਣ ਦੇ ਫੈਸਲੇ ’ਤੇ ਵੀ ਉਂਗਲ ਚੁੱਕੀ ਹੈ। ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਹਰਿਆਣਾ ਪੁਲਿਸ ਲਗਾਤਾਰ ਹਮਲੇ ਕਰ ਰਹੀ ਹੈ ਪਰ ਪੰਜਾਬ ਪੁਲਿਸ ਚੁੱਪ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਤੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਕਵਚ ਦੇਣਾ ਚਾਹੀਦਾ ਹੈ।
Friday, 16 February 2024
ਕਿਸਾਨ ਅੰਦੋਲਨ ਭਖ਼ਣ ਲੱਗਿਆ, ਉਗਰਾਹਾਂ ਧੜ੍ਹਾ ਜਾਖ਼ੜ, ਕੈਪਟਨ, ਢਿਲੋਂ ਦੇ ਘਰ ਅੱਗੇ ਦੇਵੇਗਾ ਧਰਨਾ
ਜੈ ਸਿੰਘ ਛਿੱਬਰ, ਚੰਡੀਗੜ੍ਹ
ਸੂਬੇ ’ਚ ਕਿਸਾਨ ਅੰਦੋਲਨ ਮੁੜ ਭਖ਼ਣ ਲੱਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਸੰਯੁਕਤ ਕਿਸਾਨ ਮੋਰਚਾ ( ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਸ਼ੁਰੂ ਕੀਤੇ ਦਿੱਲੀ ਚੱਲੋ ਅੰਦੋਲਨ ਦੇ ਸਮਰਥਨ ਵਿਚ ਉਤਰ ਆਈ ਹੈ। ਉਗਰਾਹਾਂ ਧੜ੍ਹੇ ਨੇ 17 ਤੇ 18 ਫਰਵਰੀ (ਸ਼ਨੀਵਾਰ ਤੇ ਐਤਵਾਰ ) ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਦਿਨ ਰਾਤ ਦਾ ਧਰਨਾ ਲਾਉਣ ਅਤੇ ਸੂਬੇ ਦੇ ਸਾਰੇ ਟੌਲ ਲੋਕਾਂ ਲਈ ਅਜ਼ਾਦ (ਫਰੀ) ਕਰਨ ਦਾ ਐਲਾਨ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਸੂਬੇ ਵਿਚ ਵੱਡਾ ਕੇਡਰ ਹੈ। ਇਸ ਨਾਲ ਸੰਭੂ ਅਤੇ ਖਨੌਰੀ ਹੱਦ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਵੱਡਾ ਬਲ ਮਿਲੇਗਾ। ਜੇਕਰ ਭਾਰਤ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਗੰਭੀਰਤਾਂ ਨਾਲ ਨਾ ਲਿਆ ਤਾਂ ਅਗਾਮੀ ਦਿਨਾਂ ਵਿਚ ਹੋਰ ਵੀ ਯੂਨੀਅਨਾਂ ਦੇ ਸੰਘਰਸ਼ ਦੇ ਰਾਹ ਪੈਣ ਦੀਆਂ ਕਨਸੋਆ ਮਿਲ ਰਹੀਆਂ ਹਨ। ਫਸਲਾਂ ਦੀ ਐੱਮ.ਐੱਸ.ਪੀ ਗਰੰਟੀ ਦੇਣ ਸਮੇਤ ਕਈ ਮੁੱਦਿਆਂ ’ਤੇ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਪ੍ਰੋਗਾਰਾਮ ਉਲੀਕਿਆ ਹੋਇਆ ਹੈ ਪਰ ਹਰਿਆਣਾ ਸਰਕਾਰ ਨੇ ਸ਼ੰਭੂ ਅਤੇ ਖਨੌਰੀ ਵਿਖੇ ਸਖ਼ਤ ਨਾਕਾਬੰਦੀ ਕਰਕੇ ਕਿਸਾਨਾਂ ਨੂੰ ਅੱਗੇ ਵੱਧਣ ਨਹੀਂ ਦਿੱਤਾ , ਉਲਟਾ ਪ੍ਰਦਰਸ਼ਨਕਾਰੀਆਂ ’ਤੇ ਹੰਝੂ ਗੈਸ ਤੇ ਪਲਾਸਟਿਕ ਦੀਆਂ ਗੋਲੀਆਂ ਨਾਲ ਹਮਲਾ ਕੀਤਾ ਹੈ। ਹਰਿਆਣਾ ਪੁਲਿਸ ਦੇ ਇਸ ਰਵੱਈਏ ਤੋਂ ਬਾਅਦ ਦੂਜੀਆਂ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਵਿਚ ਕੁੱਦਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਕੇਂਦਰ ਸਰਕਾਰ ਦੇ ਤਿੰਨ ਕੈਬਨਿਟ ਮੰਤਰੀ ਸੰਯਕੁਤ ਕਿਸਾਨ ਮੋਰਚਾ ਵਿਚ ਸ਼ਾਮਲ ਕਿਸਾਨ ਆਗੂਆਂ ਨਾਲ ਤਿੰਨ ਮੀਟਿੰਗਾਂ ਕਰ ਚੁੱਕੇ ਹਨ, ਪਰ ਘੰਟਿਆਂ ਬੱਧੀ ਚੱਲੀਆਂ ਇਹਨਾਂ ਮੀਟਿੰਗਾਂ ਵਿਚ ਕੋਈ ਫੈਸਲਾ ਨਹੀਂ ਹੋ ਸਕਿਆ। ਹੁਣ ਚੌਥੇ ਗੇੜ ਦੀ ਮੀਟਿੰਗ18 ਫਰਵਰੀ ਨੂੰ ਹੋਵੇਗੀ।
ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਭਾਜਪਾ ਸਰਕਾਰ ਦੇ ਕਿਸਾਨ ਦੁਸ਼ਮਣ ਵਤੀਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਖਿਲਾਫ਼ 24 ਫਰਵਰੀ ਤੋਂ ਚੰਡੀਗੜ੍ਹ ਵਿਖੇ ਲਾਉਣ ਵਾਲਾ ਮੋਰਚਾ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਘੋਲ਼ ਨੂੰ ਅੱਗੇ ਵਧਾਉਣ ਲਈ ਕੌਮੀ ਸੰਯੁਕਤ ਕਿਸਾਨ ਮੋਰਚੇ ਦਾ ਅਗਲਾ ਸੱਦਾ ਆਉਣ ਤੱਕ ਦੋ ਦਿਨ 17 ਤੇ 18 ਫ਼ਰਵਰੀ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਦਿਨ ਰਾਤ ਦਾ ਧਰਨਾ ਲਾਇਆ ਜਾਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਸ਼ੰਭੂ ਤੇ ਖਨੌਰੀ ਹੱਦ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸੰਘਰਸ਼ ਵਿਚ ਸਮਰਥਨ ਵਜੋਂ ਕੁੱਦਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਸੰਘਰਸ਼ ਵਿੱਢਣ ਤੋਂ ਪਹਿਲਾਂ ਹੀ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਸਾਂਝਾ ਸੰਘਰਸ਼ ਬਣਾਉਣ ਦੇ ਯਤਨ ਕਰਦੀਆਂ। ਉਨ੍ਹਾਂ ਸਾਰੀਆਂ ਧਿਰਾਂ ਨੂੰ ਆਪਸੀ ਮੱਤਭੇਦਾਂ ਨੂੰ ਪਾਸੇ ਰੱਖਦਿਆਂ ਸਾਂਝੇ ਤਾਲਮੇਲ ਸੰਘਰਸ਼ ਨੂੰ ਅੱਗੇ ਵਧਾਉਣ, ਫਿਰਕੂ, ਭੜਕਾਊ ਤੇ ਫੁੱਟਪਾਊ ਅਨਸਰਾਂ ਨੂੰ ਇੱਕਜੁੱਟ ਹੋ ਕੇ ਮਾਤ ਦੇਣ ਦੀ ਅਪੀਲ ਕੀਤੀ ਹੈ।
ਉਗਰਾਹਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਜੇਤੂ ਦਿੱਲੀ ਘੋਲ਼ ਨੂੰ ਮੁਲਤਵੀ ਕਰਨ ਮੌਕੇ ਕੀਤੇ ਗਏ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਵਰਗੇ ਲਿਖਤੀ ਵਾਅਦੇ ਲਾਗੂ ਕਰਨ ਲਈ ਦੋ ਸਾਲ ਤੋਂ ਟਾਲ਼ਾ ਵੱਟ ਰਹੀ ਹੈ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਹੁਣ ਲੁਟੇਰਿਆਂ ਪੱਖੀ ਜਾਬਰ ਨੀਤੀਆਂ ਦਾ ਹਿਸਾਬ ਕਿਤਾਬ ਚੁਕਤਾ ਕਰ ਕੇ ਹੀ ਕਿਸਾਨ ਦਮ ਲੈਣਗੇ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਖ਼ਤੀ ਭਰੋਸੇ ਦੇ ਬਾਵਜੂਦ ਕੋਈ ਵੀ ਮੰਗ ਲਾਗੂ ਨਾ ਕਰਨਾ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਸਾਮਰਾਜ ਪੱਖੀ ਕਿਰਦਾਰ ਦਾ ਭੇਤ ਖੋਲ੍ਹਦਾ ਹੈ। ਆਗੂਆਂ ਨੇ ਸੰਸਾਰ ਵਪਾਰ ਸੰਸਥਾ ਵਿੱਚੋਂ ਭਾਰਤ ਨੂੰ ਬਾਹਰ ਕੱਢਣ ਦੀ ਮੰਗ ਕੀਤੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਹਕੂਮਤ ਨੂੰ ਕਿਸਾਨਾਂ ਦੇ ਕੁਰਬਾਨੀਆਂ ਭਰੇ ਜੁਝਾਰੂ ਇਤਿਹਾਸ ਦੁਆਰਾ ਕੰਧ 'ਤੇ ਲਿਖਿਆ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ ਕਿ ਹਕੂਮਤੀ ਜਬਰ ਸੰਘਰਸ਼ ਕਰਨ ਵਾਲੇ ਕਾਫ਼ਲਿਆਂ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦਾ, ਸਗੋਂ ਇਹ ਜਬਰ ਸੰਘਰਸ਼ਾਂ ਦੀ ਖ਼ੁਰਾਕ ਬਣ ਜਾਇਆ ਕਰਦਾ ਹੈ।
Wednesday, 14 February 2024
fਕਸਾਨ ਅੰਦੋਲਨ ਤੇ ਬਸਪਾ ਨੇ ਅਕਾਲੀ ਸਿਆਸਤ ਦਾ ਗਣਿਤ ਵਿਗਾੜਿਆ
ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਮੁਲਤਵੀ, ਕੋਰ ਕਮੇਟੀ ਦੀ ਮੀਟਿੰਗ ਅੱਜ
ਜੈ ਸਿੰਘ ਛਿੱਬਰ, ਚੰਡੀਗੜ੍ਹ
ਸੂਬੇ ਵਿਚ ਪੈਦਾ ਹੋਏ ਨਵੇਂ ਸਿਆਸੀ ਸਮੀਕਰਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਬਚਾਓ ਯਾਤਰਾ ਮੁਲਤਵੀ ਕਰ ਦਿੱਤੀ ਹੈ ਅਤੇ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਵੀਰਵਾਰ ਨੂੰ ਬੁਲਾ ਲਈ ਹੈ। ਜਾਣਕਾਰੀ ਅਨੁਸਾਰ ਸੂਬੇ ਵਿਚ ਮੁੜ ਸ਼ੁਰੂ ਹੋਏ ਕਿਸਾਨ ਅੰਦੋਲਨ ਅਤੇ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਟੁੱਟਣ ਕਾਰਨ ਅਕਾਲੀ ਦਲ ਨਵੇਂ ਸਿਆਸੀ ਸੰਕਟ ਵਿਚ ਘਿਰ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ’ਤੇ ਲਿਖਿਆ ਕਿ ਕਿਸਾਨ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਇਸ ਲਈ ਪਾਰਟੀ ਨੇ ਪੰਜਾਬ ਬਚਾਓ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਕੰਮ ਕੀਤਾ ਹੈ। ਹੁਣ ਵੀ ਪਾਰਟੀ ਕਿਸਾਨਾਂ ਨਾਲ ਹੈ ਅਤੇ ਸਿਆਸੀ ਹਾਲਾਤਾਂ ’ਤੇ ਚਰਚਾ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਵੀਰਵਾਰ ਬਾਦ ਦੁਪਹਿਰ ਦੋ ਵਜੇ ਹੋਵੇਗੀ।
ਸੂਤਰ ਦੱਸਦੇ ਹਨ ਕਿ ਮੌਜੂਦਾ ਸਿਆਸੀ ਹਾਲਾਤਾਂ ਨੇ ਅਕਾਲੀ ਸਿਆਸਤ ਦਾ ਗਣਿਤ ਵਿਗਾੜ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਸਿਆਸੀ ਹਲਕਿਆਂ ਵਿਚ ਅਟਕਲਾਂ ਚੱਲ ਰਹੀਆਂ ਸਨ ਕਿ ਅਕਾਲੀ ਦਲ ਅਤੇ ਭਾਜਪਾ ਦੀਆਂ ਸਿਆਸੀ ਤੰਦਾਂ ਮੁੜ ਜੁੜ ਸਕਦੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਨੂੰ ਮਾਝੇ ਵਿਚ ਚੰਗਾਂ ਹੁਲਾਰਾ ਮਿਲ ਰਿਹਾ ਸੀ। ਪਾਰਟੀ ਲੀਡਰਸ਼ਿਪ ਮਹਿਸੂਸ ਕਰ ਰਹੀ ਸੀ ਕਿ ਪੇਂਡੂ ਖਿੱਤੇ ਵਿਚ ਪਾਰਟੀ ਦੀਆਂ ਜੜ਼੍ਹਾਂ ਮੁੜ ਧਰਤੀ ਨੂੰ ਲੱਗਣ ਲੱਗੀਆਂ ਹਨ ਅਤੇ ਪਾਰਟੀ ਆਗੂਆਂ ਦੇ ਹੌਸਲੇ ਬੁਲੰਦ ਹੋ ਰਹੇ ਸਨ। ਸੰਯੁਕਤ ਕਿਸਾਨ ਮੋਰਚਾ ( ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਅਚਾਨਕ ਦਿੱਲੀ ਕੂਚ ਕਰਨ ਦਾ ਐਲਾਨ ਕਰ ਦਿੱਤਾ ਅਤੇ ਕਿਸਾਨ ਵਰਗ ਕੇਂਦਰ ਸਰਕਾਰ ਖਾਸਕਰਕੇ ਭਾਜਪਾ ਖਿਲਾਫ਼ ਸੜ੍ਹਕਾਂ ’ਤੇ ਉਤਰ ਆਇਆ। ਦੂਜੇ ਪਾਸੇ ਬਹੁਜਨ ਸਮਾਜ ਪਾਰਟੀ ਨੇ ਅਚਾਨਕ ਮੀਟਿੰਗ ਕਰਕੇ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਹੈ ਕਿਉਂਕਿ ਸਿਆਸੀ ਹਲਕਿਆਂ ਵਿਚ ਕਿਆਸਰਾਈਆਂ ਚੱਲ ਰਹੀਆਂ ਸਨ ਕਿ ਇਹਨਾਂ ਦਿਨਾਂ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਭਾਜਪਾ ਦੀ ਕੌਮੀ ਲੀਡਰਸ਼ਿਪ ਨਾਲ ਗੱਲਬਾਤ ਕਰਕੇ ਸਮਝੌਤੇ ਦੀ ਟੁੱਟੀ ਗੰਢ ਨੂੰ ਮੁੜ ਜੋੜ ਸਕਦੇ ਹਨ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕਿਸਾਨ ਅੰਦੋਲਨ ਨੇ ਅਕਾਲੀ ਦਲ ਲਈ ਨਵਾਂ ਸੰਕਟ ਖੜ੍ਹਾ ਕਰ ਦਿੱਤਾ ਹੈ। ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੱਢਦੀ ਤਾਂ ਅਕਾਲੀ ਭਾਜਪਾ ਗਠਜੋੜ ’ਤੇ ਖਤਰੇ ਦੇ ਬੱਦਲ ਮੰਡਰਾ ਸਕਦੇ ਹਨ। ਰਾਜਸੀ ਮਾਹਿਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਕਰੀਬ ਤਿੰਨ ਸਾਲ ਪਹਿਲਾਂ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਭਾਜਪਾ ਨਾਲ ਚੱਲ ਰਹੇ ਤਿੰਨ ਦਹਾਕਿਆਂ ਦੀ ਸਾਂਝ ਨੂੰ ਖ਼ਤਮ ਕਰ ਦਿੱਤਾ ਸੀ ਕਿਉਂਕਿ ਸੂਬੇ ਦੇ ਕਿਸਾਨ ਅਕਾਲੀ ਦਲ ਦੇ ਵਿਰੋਧ ਵਿਚ ਖੜ੍ਹੇ ਹੋ ਗਏ ਸਨ। ਇਹਨਾਂ ਹਾਲਤਾਂ ਵਿਚ ਅਕਾਲੀ ਦਲ ਤੇ ਭਾਜਪਾ ਦਾ ਮੁੜ ਗਠਜੋੜ ਹੋਣ ਦੀਆਂ ਸੰਭਾਵਨਾਂ ਮੱਧਮ ਹੋ ਰਹੀਆਂ ਹਨ। ਅਕਾਲੀ ਦਲ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਆ ਰਿਹਾ ਹੈ, ਪਰ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਹੁੰਗਾਰਾਂ ਨਹੀਂ ਭਰਿਆ। ਜਦੋਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਉਤਸਵ ਮੌਕੇ ਭਾਰਤ ਸਰਕਾਰ ਨੇ ਕੈਦ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨ ਦੀ ਹਾਮੀ ਭਰੀ ਸੀ। ਜਦੋਂ ਤੱਕ ਇਹਨਾਂ ਦੋ ਮੁੱਦਿਆਂ ਦਾ ਕੇਂਦਰ ਸਰਕਾਰ ਸਪਸ਼ਟ ਰੂਪ ਵਿਚ ਨਿਪਟਾਰਾ ਨਹੀਂ ਕਰਦੀ ਉਦੋਂ ਤੱਕ ਅਕਾਲੀ ਦਲ ਲਈ ਭਾਜਪਾ ਨਾਲ ਮਿਲਕੇ ਚੱਲਣਾ ਔਖਾ ਹੋਵੇਗਾ। ਵੀਰਵਾਰ ਨੂੰ ਹੰਗਾਮੀ ਤੌਰ ’ਤੇ ਸੱਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਪਾਰਟੀ ਲੀਡਰਸ਼ਿਪ ਵਲੋਂ ਲਏ ਜਾਣ ਵਾਲੇ ਫੈਸਲੇ ’ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
Subscribe to:
Posts (Atom)