Wednesday, 14 February 2024
fਕਸਾਨ ਅੰਦੋਲਨ ਤੇ ਬਸਪਾ ਨੇ ਅਕਾਲੀ ਸਿਆਸਤ ਦਾ ਗਣਿਤ ਵਿਗਾੜਿਆ
ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਮੁਲਤਵੀ, ਕੋਰ ਕਮੇਟੀ ਦੀ ਮੀਟਿੰਗ ਅੱਜ
ਜੈ ਸਿੰਘ ਛਿੱਬਰ, ਚੰਡੀਗੜ੍ਹ
ਸੂਬੇ ਵਿਚ ਪੈਦਾ ਹੋਏ ਨਵੇਂ ਸਿਆਸੀ ਸਮੀਕਰਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਬਚਾਓ ਯਾਤਰਾ ਮੁਲਤਵੀ ਕਰ ਦਿੱਤੀ ਹੈ ਅਤੇ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਵੀਰਵਾਰ ਨੂੰ ਬੁਲਾ ਲਈ ਹੈ। ਜਾਣਕਾਰੀ ਅਨੁਸਾਰ ਸੂਬੇ ਵਿਚ ਮੁੜ ਸ਼ੁਰੂ ਹੋਏ ਕਿਸਾਨ ਅੰਦੋਲਨ ਅਤੇ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਟੁੱਟਣ ਕਾਰਨ ਅਕਾਲੀ ਦਲ ਨਵੇਂ ਸਿਆਸੀ ਸੰਕਟ ਵਿਚ ਘਿਰ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ’ਤੇ ਲਿਖਿਆ ਕਿ ਕਿਸਾਨ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਇਸ ਲਈ ਪਾਰਟੀ ਨੇ ਪੰਜਾਬ ਬਚਾਓ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਕੰਮ ਕੀਤਾ ਹੈ। ਹੁਣ ਵੀ ਪਾਰਟੀ ਕਿਸਾਨਾਂ ਨਾਲ ਹੈ ਅਤੇ ਸਿਆਸੀ ਹਾਲਾਤਾਂ ’ਤੇ ਚਰਚਾ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਵੀਰਵਾਰ ਬਾਦ ਦੁਪਹਿਰ ਦੋ ਵਜੇ ਹੋਵੇਗੀ।
ਸੂਤਰ ਦੱਸਦੇ ਹਨ ਕਿ ਮੌਜੂਦਾ ਸਿਆਸੀ ਹਾਲਾਤਾਂ ਨੇ ਅਕਾਲੀ ਸਿਆਸਤ ਦਾ ਗਣਿਤ ਵਿਗਾੜ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਸਿਆਸੀ ਹਲਕਿਆਂ ਵਿਚ ਅਟਕਲਾਂ ਚੱਲ ਰਹੀਆਂ ਸਨ ਕਿ ਅਕਾਲੀ ਦਲ ਅਤੇ ਭਾਜਪਾ ਦੀਆਂ ਸਿਆਸੀ ਤੰਦਾਂ ਮੁੜ ਜੁੜ ਸਕਦੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਨੂੰ ਮਾਝੇ ਵਿਚ ਚੰਗਾਂ ਹੁਲਾਰਾ ਮਿਲ ਰਿਹਾ ਸੀ। ਪਾਰਟੀ ਲੀਡਰਸ਼ਿਪ ਮਹਿਸੂਸ ਕਰ ਰਹੀ ਸੀ ਕਿ ਪੇਂਡੂ ਖਿੱਤੇ ਵਿਚ ਪਾਰਟੀ ਦੀਆਂ ਜੜ਼੍ਹਾਂ ਮੁੜ ਧਰਤੀ ਨੂੰ ਲੱਗਣ ਲੱਗੀਆਂ ਹਨ ਅਤੇ ਪਾਰਟੀ ਆਗੂਆਂ ਦੇ ਹੌਸਲੇ ਬੁਲੰਦ ਹੋ ਰਹੇ ਸਨ। ਸੰਯੁਕਤ ਕਿਸਾਨ ਮੋਰਚਾ ( ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਅਚਾਨਕ ਦਿੱਲੀ ਕੂਚ ਕਰਨ ਦਾ ਐਲਾਨ ਕਰ ਦਿੱਤਾ ਅਤੇ ਕਿਸਾਨ ਵਰਗ ਕੇਂਦਰ ਸਰਕਾਰ ਖਾਸਕਰਕੇ ਭਾਜਪਾ ਖਿਲਾਫ਼ ਸੜ੍ਹਕਾਂ ’ਤੇ ਉਤਰ ਆਇਆ। ਦੂਜੇ ਪਾਸੇ ਬਹੁਜਨ ਸਮਾਜ ਪਾਰਟੀ ਨੇ ਅਚਾਨਕ ਮੀਟਿੰਗ ਕਰਕੇ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਹੈ ਕਿਉਂਕਿ ਸਿਆਸੀ ਹਲਕਿਆਂ ਵਿਚ ਕਿਆਸਰਾਈਆਂ ਚੱਲ ਰਹੀਆਂ ਸਨ ਕਿ ਇਹਨਾਂ ਦਿਨਾਂ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਭਾਜਪਾ ਦੀ ਕੌਮੀ ਲੀਡਰਸ਼ਿਪ ਨਾਲ ਗੱਲਬਾਤ ਕਰਕੇ ਸਮਝੌਤੇ ਦੀ ਟੁੱਟੀ ਗੰਢ ਨੂੰ ਮੁੜ ਜੋੜ ਸਕਦੇ ਹਨ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕਿਸਾਨ ਅੰਦੋਲਨ ਨੇ ਅਕਾਲੀ ਦਲ ਲਈ ਨਵਾਂ ਸੰਕਟ ਖੜ੍ਹਾ ਕਰ ਦਿੱਤਾ ਹੈ। ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੱਢਦੀ ਤਾਂ ਅਕਾਲੀ ਭਾਜਪਾ ਗਠਜੋੜ ’ਤੇ ਖਤਰੇ ਦੇ ਬੱਦਲ ਮੰਡਰਾ ਸਕਦੇ ਹਨ। ਰਾਜਸੀ ਮਾਹਿਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਕਰੀਬ ਤਿੰਨ ਸਾਲ ਪਹਿਲਾਂ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਭਾਜਪਾ ਨਾਲ ਚੱਲ ਰਹੇ ਤਿੰਨ ਦਹਾਕਿਆਂ ਦੀ ਸਾਂਝ ਨੂੰ ਖ਼ਤਮ ਕਰ ਦਿੱਤਾ ਸੀ ਕਿਉਂਕਿ ਸੂਬੇ ਦੇ ਕਿਸਾਨ ਅਕਾਲੀ ਦਲ ਦੇ ਵਿਰੋਧ ਵਿਚ ਖੜ੍ਹੇ ਹੋ ਗਏ ਸਨ। ਇਹਨਾਂ ਹਾਲਤਾਂ ਵਿਚ ਅਕਾਲੀ ਦਲ ਤੇ ਭਾਜਪਾ ਦਾ ਮੁੜ ਗਠਜੋੜ ਹੋਣ ਦੀਆਂ ਸੰਭਾਵਨਾਂ ਮੱਧਮ ਹੋ ਰਹੀਆਂ ਹਨ। ਅਕਾਲੀ ਦਲ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਆ ਰਿਹਾ ਹੈ, ਪਰ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਹੁੰਗਾਰਾਂ ਨਹੀਂ ਭਰਿਆ। ਜਦੋਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਉਤਸਵ ਮੌਕੇ ਭਾਰਤ ਸਰਕਾਰ ਨੇ ਕੈਦ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨ ਦੀ ਹਾਮੀ ਭਰੀ ਸੀ। ਜਦੋਂ ਤੱਕ ਇਹਨਾਂ ਦੋ ਮੁੱਦਿਆਂ ਦਾ ਕੇਂਦਰ ਸਰਕਾਰ ਸਪਸ਼ਟ ਰੂਪ ਵਿਚ ਨਿਪਟਾਰਾ ਨਹੀਂ ਕਰਦੀ ਉਦੋਂ ਤੱਕ ਅਕਾਲੀ ਦਲ ਲਈ ਭਾਜਪਾ ਨਾਲ ਮਿਲਕੇ ਚੱਲਣਾ ਔਖਾ ਹੋਵੇਗਾ। ਵੀਰਵਾਰ ਨੂੰ ਹੰਗਾਮੀ ਤੌਰ ’ਤੇ ਸੱਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਪਾਰਟੀ ਲੀਡਰਸ਼ਿਪ ਵਲੋਂ ਲਏ ਜਾਣ ਵਾਲੇ ਫੈਸਲੇ ’ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
Subscribe to:
Post Comments (Atom)
No comments:
Post a Comment